ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵਿਸ਼ਾਲ ਦੀਵਾਨ ’ਚ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ

ਨਵਾਂਸ਼ਹਿਰ ਰਾਹੋਂ, 14 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਦਸਾਂ ਪਾਤਸ਼ਾਹੀਆਂ ਦੀ ਜੋਤ, ਚਵਰ ਤਖ਼ਤ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਕ ਜੱਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਮਾਹੌਲ ਗੁਰਬਾਣੀ ਦੇ ਰਸ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ। ਦੀਵਾਨ ਵਿੱਚ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਰਾਹੋਂ ਵਾਲਿਆਂ, ਕਥਾਵਾਚਕ ਭਾਈ ਸਰਬਜੀਤ ਸਿੰਘ ਅਤੇ ਕੀਰਤਨੀ ਜੱਥਾ ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਰਾਗੀ ਜੱਥਿਆਂ ਵੱਲੋਂ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਧੰਨ-ਧੰਨ ਬਾਬਾ ਦੀਪ ਜੀ ਸੇਵਕ ਜੱਥਾ ਅਤੇ ਭਾਈ ਘਨ੍ਹਈਆ ਜੀ ਸੇਵਕ ਜੱਥਾ ਵੱਲੋਂ ਵੀ ਸਮਾਗਮ ਵਿੱਚ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਕੀਤੀ ਗਈ ਦੀਪਮਾਲਾ ਨੇ ਸਮਾਗਮ ਦੀ ਸ਼ੋਭਾ ਨੂੰ ਹੋਰ ਵੀ ਚਾਰ ਚੰਨ ਲਗਾ ਦਿੱਤੇ। ਗੁਰਦੁਆਰਾ ਸਾਹਿਬ ਦਾ ਮਨਮੋਹਕ ਦ੍ਰਿਸ਼ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬੁਲਾਰਿਆਂ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਸਿੱਖ ਦੇ ਜੀਵਨ ਦਾ ਅਸਲ ਆਧਾਰ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਇਆ ਮਾਰਗ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕੇਵਲ ਮੱਥਾ ਟੇਕਣ ਤੱਕ ਸੀਮਤ ਨਾ ਰੱਖ ਕੇ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ਵੱਲੋਂ ਦਰਸਾਏ ਸੱਚੇ-ਸੁੱਚੇ ਮਾਰਗ ’ਤੇ ਚੱਲਦਿਆਂ ਆਪਣਾ ਜੀਵਨ ਗੁਰਮਤਿ ਰਹਿਣੀ ਅਨੁਸਾਰ ਬਤੀਤ ਕਰੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਵੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਨਾਲ ਜੋੜੇ। ਇਸ ਮੌਕੇ ਮਾਸਟਰ ਦਿਲਬਾਗ ਸਿੰਘ, ਮਲਕੀਤ ਸਿੰਘ ਕਾਹਲੋ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੋਬੀ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ, ਰਜਿੰਦਰ ਸਿੰਘ ਰਾਠੋਰ, ਬੱਲੀ ਭੰਗਲ, ਸੁਰਿੰਦਰ ਸਿੰਘ, ਮਨਜੀਤ ਸਿੰਘ, ਰਘਵੀਰ ਸਿੰਘ, ਉਂਕਾਰ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ ਹੁੰਦਲ, ਕੁਲਦੀਪ ਸਿੰਘ ਰਾਠੋਰ, ਮੁਕੇਸ਼ ਕੁਮਾਰ ਚੋਪੜਾ, ਬਲਜੀਤ ਸਿੰਘ, ਸਤਪਾਲ ਸਿੰਘ, ਭਾਈ ਹਰਵਿੰਦਰ ਸਿੰਘ, ਕੁਲਬੀਰ ਸਿੰਘ ਗਰੇਵਾਲ, ਹਰਦੀਪ ਸਿੰਘ, ਗੁਰਸ਼ਰਨ ਸਿੰਘ ਰਾਠੋਰ, ਸਰਦਾਰ ਸਿੰਘ ਰਾਠੋਰ, ਗੁਰਦੀਪ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਇਕਬਾਲ ਸਿੰਘ, ਮਨਰਾਜ ਸਿੰਘ, ਬਚਿੱਤਰ ਸਿੰਘ, ਪਰਮਵੀਰ ਸਿੰਘ, ਪ੍ਰਭਵੀਰ ਸਿੰਘ, ਦਿਲਪ੍ਰੀਤ ਸਿੰਘ, ਪਰਮਜੀਤ ਸਿੰਘ ਰਾਠੋਰ, ਬਲਵਿੰਦਰ ਸਿੰਘ ਰਾਠੋਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *