ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਆਦਮਪੁਰ ’ਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ: ਪਵਨ ਕੁਮਾਰ ਟੀਨੂੰ

ਆਦਮਪੁਰ (ਜਲੰਧਰ), 22 ਸਤੰਬਰ (ਪਰਮਿੰਦਰ ਸਿੰਘ ): ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਉਣ ਲਈ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਡੋਰ-ਟੂ-ਡੋਰ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਜਨ ਸੰਪਰਕ ਮੁਹਿੰਮ ਦੌਰਾਨ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਆਦਮਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਕੰਮ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਜਿਥੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਉਥੇ ਸਰਕਾਰ ਨੇ ਕਈ ਲੋਕ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਪਹੁੰਚਾਈ ਹੈ। ਸ਼੍ਰੀ ਟੀਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਵਰਗੀਆਂ ਕਈ ਅਹਿਮ ਸਕੀਮਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਸਿੱਖਿਆ ਤੇ ਖੇਡਾਂ ਦੇ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣ ਅਤੇ ਉਨ੍ਹਾਂ ਨੂੰ ਖੇਡ ਮੈਦਾਨਾਂ ਤੱਕ ਲਿਆਉਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀ ਪਹਿਲੀਕਦਮੀ ਦੇ ਨਾਲ-ਨਾਲ ਆਧੁਨਿਕ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਵੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ 71,000 ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਸ਼੍ਰੀ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ।

Leave a Reply

Your email address will not be published. Required fields are marked *