ਮੁਲਾਜ਼ਮਾਂ ਵਲੋਂ 27 ਅਗੱਸਤ ਨੂੰ ਕੀਤੇ ਜਾ ਰਹੇ ਬੰਦ ਵਿੱਚ ਸ਼ਾਮਲ ਹੋਣਗੇ ਪੈਨਸ਼ਨਰ
ਫ਼ਗਵਾੜਾ:16 ਅਗੱਸਤ ( ਪਰਮਿੰਦਰ ਸਿੰਘ ) ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ‘ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਜਾਣੇ-ਅਣਜਾਣੇ ਸ਼ਹੀਦਾਂ ਨੂੰ ਸਤਿਕਾਰ ਸਹਿਤ ਯਾਦ ਕਰਦੇ ਹੋਏ ਸ਼ਰਧਾ ਸੁਮਨ ਭੇਟ ਕੀਤੀ। ਮੀਟਿੰਗ ਦੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ(ਰਜਿ) ਦੇ ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਹਾਜ਼ਰ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਐਸੋਸੀਏਸ਼ਨ ਦੇ ਮੈਂਬਰ,ਸਕੇ ਸੰਬੰਧੀਆਂ ਆਦਿ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਗੱਸਤ ਮਹੀਨੇ ਵਿੱਚ ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਆਉਂਦਾ ਹੈ , ਉਹਨਾਂ ਨੂੰ ਜਨਮ ਦਿਨ ਦੀ ਮੁਬਾਰਕਾਂ ਦਿੰਦੇ ਹੋਏ ਤੰਦਰੁਸਤੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਵਿੱਚ ਗ਼ੈਰ ਸਮਾਜੀ ਤੱਤਾਂ ਵਲੋਂ ਹੈੱਡਮਾਸਟਰ ਗੁਰਸੇਵਕ ਸਿੰਘ ਤੇ ਕੀਤੇ ਕਾਤਲਾਨਾ ਹਮਲੇ ਨਾਲ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਉਹਨਾਂ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਵੇ। ਮੀਟਿੰਗ ਵਿੱਚ ਹਾਜ਼ਰ ਸਮੂਹ ਆਗੂਆਂ ਅਤੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਹਾਈਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤੁਰੰਤ 18 ਪ੍ਰਤੀਸ਼ਤ ਡੀ ਏ ਜਾਰੀ ਕਰੇ ਅਤੇ ਡੀ ਏ ਨੂੰ ਲੰਮਾ ਸਮਾਂ ਲਟਕਾ ਕੇ ਰੱਖਣ ਲਈ ਸੁਪਰੀਮ ਕੋਰਟ ਵਿੱਚ ਜਾਣ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਘਟੀਆ ਨੀਤੀ ਦਾ ਤੁਰੰਤ ਤਿਆਗ ਕਰੇ। ਆਗੂਆਂ ਨੇ ਕਿਹਾ ਕਿ ਹੁਣ ਤੱਕ ਦੀਆਂ ਸਭ ਸਰਕਾਰਾਂ ਨਾਲੋਂ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਸਭ ਤੋਂ ਵੱਧ ਨਿਕੰਮੀ ਸਰਕਾਰ ਸਾਬਿਤ ਹੋਈ ਹੈ,ਜੋ ਕਿ ਸਾਢੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੁੱਝ ਦੇਣ ਦੀ ਬਜਾਏ ਲੰਬੇ ਸੰਘਰਸ਼ਾਂ ਨਾਲ ਪ੍ਰਾਪਤ ਕੀਤੇ ਹੱਕ ਖੋਹਣ ਲਈ ਲਗਾਤਾਰ ਯਤਨਸ਼ੀਲ ਹੈ। ਇੱਕ ਮਤਾ ਪਾਸ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਐਂਟੀ ਸਟੇਟ ਕਹਿਣ ਵਾਲੇ ਬਿਆਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਕਿਹਾ ਕਿ ਵਿੱਤ ਮੰਤਰੀ ਪੰਜਾਬ ਉਪਰੋਕਤ ਆਪਣਾ ਬਿਆਨ ਤੁਰੰਤ ਵਾਪਸ ਲੈਣ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਪਬਲਿਕ ਤੌਰ ‘ਤੇ ਮੁਆਫ਼ੀ ਮੰਗਣ। ਆਗੂਆਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪ ਹੀ ਐਂਟੀ ਸਟੇਟ ਹੈ ਕਿਉਂ ਕਿ ਸਿੱਧੇ ਅਸਿੱਧੇ ਢੰਗਾਂ ਨਾਲ ਦੂਜੇ ਸੂਬਿਆਂ ਦੇ ਆਪਣੇ ਚਹੇਤਿਆਂ ਨੂੰ ਪੰਜਾਬ ਦਾ ਖਜ਼ਾਨਾ ਵੱਡੇ ਪੱਧਰ ‘ਤੇ ਲੁਟਾਇਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ 29 ਜੁਲਾਈ ਦੀ ਸੰਗਰੂਰ ਰੈਲੀ ਅਤੇ 07 ਅਗੱਸਤ ਦੀ ਚੰਡੀਗੜ੍ਹ ਰੈਲੀ ਵਿੱਚ ਕੀਤੀ ਗਈ ਸ਼ਮੂਲੀਅਤ ‘ਤੇ ਤਸੱਲੀ ਪ੍ਰਗਟ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ 23 ਅਗੱਸਤ ਦੀ ਪੁਰਾਣੀ ਪੈਂਨਸ਼ਨ ਦੀ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਰੈਲੀ ਅਤੇ ਸਮੂਹ ਵਰਗਾਂ ਦੇ ਮੁਲਾਜ਼ਮਾਂ ਵਲੋਂ 27 ਅਗੱਸਤ ਨੂੰ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦਾ ਕੰਮ ਕਾਰ ਬੰਦ ਕਰਨ ਦੇ ਸੱਦੇ ਦਾ ਪੁਰਜੋਰ ਸਮਰਥਨ ਕਰਦੇ ਹੋਏ ਉਹਨਾਂ ਦੇ ਐਕਸ਼ਨਾਂ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਦੋਨੋਂ ਐਕਸ਼ਨਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਨੂੰ ਯਕੀਨੀ ਬਣਾਇਆ ਜਾਵੇ। ਐਸੋਸੀਏਸ਼ਨ ਦੇ ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਆਮਦਨ ਅਤੇ ਖਰਚੇ ਦੇ ਵੇਰਵੇ ਸਾਂਝੇ ਕਰਦੇ ਹੋਏ,ਕੀਤੇ ਗਏ ਖਰਚਿਆਂ ਨੂੰ ਪਾਸ ਕਰਵਾਇਆ ਗਿਆ। ਮੀਟਿੰਗ ਦੇ ਆਖ਼ਰ ਵਿੱਚ ਪ੍ਰਧਾਨ ਮੋਹਣ ਸਿੰਘ ਭੱਟੀ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਘਰਾਂ ਵਿੱਚ ਬੈਠੇ ਮੈਂਬਰਾਂ ਨੂੰ ਨਿਮਰਤਾ ਸਹਿਤ ਅਪੀਲ ਵੀ ਕੀਤੀ ਕਿ ਸਮੂਹ ਮੈਂਬਰ ਐਸੋਸੀਏਸ਼ਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਮਾਸਿਕ ਮੀਟਿੰਗ ਵਿੱਚ ਅਤੇ ਹੋਰ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਲਈ ਗੰਭੀਰਤਾ ਨਾਲ ਉਪਰਾਲਾ ਜ਼ਰੂਰ ਕਰਨ ਤਾਂ ਜੋ ਮੰਗਾਂ ਨੂੰ ਮੰਨਵਾਉਣ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਉਹਨਾਂ ਨੇ ਸਮੂਹ ਜ਼ਿੰਮੇਵਾਰ ਮੈਂਬਰਾਂ ਨੂੰ ਆਪਣਾ ਸਾਲ 2026 ਦਾ ਸਲਾਨਾ ਸੰਘਰਸ਼ ਫੰਡ ਜਮਾਂ ਕਰਵਾਉਣ ਦੀ ਅਪੀਲ ਵੀ ਕੀਤੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੋਹਣ ਸਿੰਘ ਭੱਟੀ, ਕੁਲਦੀਪ ਸਿੰਘ ਕੌੜਾ,ਪ੍ਰਮੋਦ ਕੁਮਾਰ ਜੋਸ਼ੀ, ਕ੍ਰਿਸ਼ਨ ਗੋਪਾਲ ਚੋਪੜਾ,ਸਤਪਾਲ ਸਿੰਘ ਖੱਟਕੜ, ਕੁਲਦੀਪ ਸਿੰਘ,ਪਿਆਰਾ ਰਾਮ ਜੱਸੀ, ਰਤਨ ਸਿੰਘ ਗੁਰਾਇਆ, ਅਸ਼ਵਨੀ ਕੁਮਾਰ,ਕੇ ਕੇ ਪਾਂਡੇ,ਵਿਜੇ ਕੁਮਾਰ ਕਟਾਰੀਆ ਆਦਿ ਪੈਨਸ਼ਨਰ ਸਾਥੀ ਸ਼ਾਮਲ ਹੋਏ।
