ਡਿਪਟੀ ਸਪੀਕਰ ਵਿਧਾਨ ਸਭਾ ਦੀ ਗੜ੍ਹਸ਼ੰਕਰ ਰਿਹਾਇਸ਼ ਦੇ ਘਿਰਾਓ ਵਿੱਚ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ: ਪੈਨਸ਼ਨਰ ਆਗੂ

ਫ਼ਗਵਾੜਾ:13ਸਤੰਬਰ (ਪਰਮਿੰਦਰ ਸਿੰਘ ) ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 12-13 ਸਤੰਬਰ ਨੂੰ ਵੱਖ ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੀਆਂ ਰਿਹਾਇਸ਼ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਅਨੁਸਾਰ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕਿਸ਼ਨ ਸਿੰਘ ਰੋੜੀ ਦੀ ਗੜ੍ਹਸ਼ੰਕਰ ਵਿਖੇ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਜਥੇ ਨੇ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼ਮੂਲਿਅਤ ਕੀਤੀ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ(ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ‌ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਸਾਢੇ ਚਾਰ‌ ਸਾਲਾਂ ਦੇ ਸਮੇਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ , ਸਗੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ 01/07/2023 ਤੋਂ ਅੱਜ ਤੱਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਗੂਆਂ ਨੂੰ ਮੀਟਿੰਗ ਦੀ ਮਿਤੀ ਦੇ ਕੇ,ਵਾਰ ਵਾਰ ਆਨੇ ਬਹਾਨੇ ਮੀਟਿੰਗ ਕਰਨ ਤੋਂ ਭਗੌੜੇ ਹੋ ਰਹੇ ਹਨ। ਮੰਗਾਂ ਸਬੰਧੀ ਗੱਲਬਾਤ ਕਰਨੀ ਤਾਂ ਇੱਕ ਪਾਸੇ ਰਹੀ ਸਗੋਂ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੀ ਹਾਈ ਪਾਵਰ ਕਮੇਟੀ ਵਲੋਂ ਮੁਲਾਜ਼ਮਾਂ ਨੂੰ ਆਮ ਲੋਕਾਂ ਵਿੱਚ ਬਦਨਾਮ ਲਈ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਸੱਭ ਤੋਂ ਵੱਧ ਤਨਖਾਹ ਦਿੱਤੀ ਜਾ ਰਹੀ ਹੈ।ਜੋ ਕਿ ਸਰਾਸਰ ਝੂਠ ਬੋਲਿਆ ਜਾ ਰਿਹਾ ਹੈ। ਉਪਰੋਕਤ ਝੂਠ ਦਾ ਡੱਟਵਾਂ ਜਵਾਬ ਸੋਸ਼ਲ ਮੀਡੀਆ ਰਾਹੀਂ ਪੋਸਟਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਦੇ ਝੂਠ ਦਾ ਭਾਂਡਾ ਚੁਰਾਹੇ ਵਿੱਚ ਭੰਨਦੇ ਹੋਏ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜਥੇ ਵਿੱਚ ਸ਼ਾਮਲ ਆਗੂਆਂ ਨੇ ਸਾਂਝੇ ਤੌਰ ‘ਤੇ ਮੰਗ ਕੀਤੀ ਕਿ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਦਾ ਮਾਣ ਸਨਮਾਨ ਕਰਦੇ ਹੋਏ ਪੰਜਾਬ ਸਰਕਾਰ 18 ਪ੍ਰਤੀਸ਼ਤ ਡੀ ਏ ਤੁਰੰਤ ਜਾਰੀ ਕਰੇ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗ੍ਰੇਡਾਂ ਵਿੱਚ ਤੁਰੰਤ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ,17/07/2020 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਤੇ ਪੰਜਾਬ ਦੇ ਪੇ ਸਕੇਲ ਲਾਗੂ ਕਰਨ, ਛੇਵੇਂ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਂਨਸ਼ਨ 2.59 ਨਾਲ ਰੀਵਾਈਜ ਕਰਨ, ਕੱਟੇ ਭੱਤੇ ਬਹਾਲ ਕਰਨ,ਮਾਣ ਭੱਤਾ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ,200/- ਰੁਪਏ ਜ਼ਬਰੀ ਜਜੀਆ ਟੈਕਸ ਬੰਦ ਕਰਨ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਲਈ ਜਲਦੀ ਤੋਂ ਜਲਦੀ ਗੰਭੀਰਤਾ ਦਿਖਾਉਂਦੇ ਹੋਏ ਮਾਹੌਲ ਸਾਜ਼ਗਾਰ ਬਣਾਉਣ ਤਾਂ ਜੋ ਸੰਘਰਸ਼ ਦੀ ਬਜਾਏ ਗੱਲਬਾਤ ਦੇ ਰਾਹੀਂ ਮੰਗਾਂ ਦਾ ਨਿਪਟਾਰਾ ਕਰਨ ਲਈ ਅੱਗੇ ਵਧਿਆ ਜਾ ਸਕੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ, ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਲਈ ਗੰਭੀਰ ਨਾ ਹੋਏ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਕੀਤੇ ਗਏ ਐਲਾਨ ਅਨੁਸਾਰ ਸਕੱਤਰੇਤ ਤੋਂ ਸਤੌਜ ਦੀ ਵਾਪਸੀ ਦੇ ਐਲਾਨ ਨੂੰ ਅਮਲੀ ਰੂਪ ਦੇਣ ਲਈ ਲਈ ਸੰਘਰਸ਼ਾਂ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ,ਜਿਸ ਲਈ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਰੋਹ ਭਰਪੂਰ ਮਾਰਚ ਕਰਦੇ ਪ੍ਰਦਰਸ਼ਨਕਾਰੀ ਡਿਪਟੀ ਸਪੀਕਰ ਸ਼੍ਰੀ ਕ੍ਰਿਸ਼ਨ ਸਿੰਘ ਰੋੜੀ ਦੀ ਰਿਹਾਇਸ਼ ਅੱਗੇ ਪੁੱਛੇ, ਜਿੱਥੇ ਡਿਪਟੀ ਸਪੀਕਰ ਵਿਧਾਨ ਸਭਾ ਸ਼੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕਰਦੇ ਹੋਏ, ਮੰਗ ਪੱਤਰ ਪੰਜਾਬ ਸਰਕਾਰ ਤੱਕ ਪੁੱਜਦਾ ਕਰਨ ਅਤੇ ਮੰਗਾਂ ਸੰਬੰਧੀ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਅੱਜ ਦੇ ਜਥੇ ਵਿੱਚ ਮੋਹਣ ਸਿੰਘ ਭੱਟੀ, ਪ੍ਰਮੋਦ ਕੁਮਾਰ ਜੋਸ਼ੀ,ਸੀਤਲ ਰਾਮ ਬੰਗਾ, ਨਿਰਮੋਲਕ ਸਿੰਘ ਹੀਰਾ, ਗੁਰਮੀਤ ਰਾਮ ਲੁੱਗਾ, ਪ੍ਰਿੰਸੀਪਲ ਵਰਿੰਦਰ ਮੋਹਣ ਮਹੇ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ,ਕੇ ਕੇ ਪਾਂਡੇ, ਅਸ਼ੋਕ ਕੁਮਾਰ, ਹਰਬੰਸ ਲਾਲ, ਬਖਸ਼ੀ ਰਾਮ ਫਿਲੌਰ,ਆਦਿ ਜੁਝਾਰੂ ਪੈਨਸ਼ਨਰ ਸਾਥੀ ਸ਼ਾਮਲ ਹੋਏ।

Leave a Reply

Your email address will not be published. Required fields are marked *