ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਾ ਜਥੇਬੰਦੀ ਵੱਲੋਂ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਘਿਰਾਓ
ਨਵਾਂਸ਼ਹਿਰ ਰਾਹੋਂ 12 ਸਤੰਬਰ (ਕੁਲਵਿੰਦਰ ਸਿੰਘ ਰਾਹੋਂ) ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਚਲਾਈ ਜਾ ਰਹੀ ‘ਪੰਜਾਬ ਮੰਗਦਾ ਹੈ ਜਵਾਬ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਦੇ ਮੂਹਰੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਜਥੇਬੰਦੀ ਵੱਲੋਂ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਭਜੋਤ ਸਿੰਘ ਰਾਹੋਂ ਅਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਆਪਣੇ ਹੱਕਾਂ ਅਤੇ ਸੂਬੇ ਨਾਲ ਜੁੜੇ ਗੰਭੀਰ ਮੁੱਦਿਆਂ ਸਬੰਧੀ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਿਸੇ ਇੱਕ ਵਿਅਕਤੀ ਦੇ ਵਿਰੋਧ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ, ਲੋਕਤੰਤਰਿਕ ਹੱਕਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਹਨ। ਸਰਕਾਰ ਨੂੰ ਇਨ੍ਹਾਂ ਸਵਾਲਾਂ ਦੇ ਸਪੱਸ਼ਟ ਅਤੇ ਤਸੱਲੀਬਖਸ਼ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਦੇ ਮੰਤਰੀਆਂ ਕੋਲੋਂ ਲੋਕਾਂ ਦੇ ਸਵਾਲਾਂ ਦੇ ਜਵਾਬ ਮੰਗਣ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ “ਸਵਾਲ ਪੰਜਾਬ ਦੇ ਹਨ ਅਤੇ ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ।” ਉਨ੍ਹਾਂ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੀ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦਾ ਇਸ ਲੋਕਤੰਤਰਿਕ ਮੁਹਿੰਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।ਇਸ ਮੌਕੇ ਪਰਦੀਪ ਸਿੰਘ ਰਾਹੋਂ, ਸੁਰਿੰਦਰ ਸਿੰਘ,ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਭਾਰਟਾ, ਜੋਗਾ ਸਿੰਘ ਜੋਸ਼, ਅਮਰਜੀਤ ਸਿੰਘ, ਗੁਰਮੁੱਖ ਸਿੰਘ ਮੀਤ ਪ੍ਰਧਾਨ ਨਵਾਂਸ਼ਹਿਰ, ਪਰਮਜੀਤ ਸਿੰਘ ਮੀਤ ਪ੍ਰਧਾਨ ਨਵਾਂਸ਼ਹਿਰ, ਗੁਰਜੀਤ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਵਰਿੰਦਰ ਸਿੰਘ ਦੌਲਤਪੁਰ, ਮਨਜੀਤ ਸਿੰਘ ਭੰਗਲ, ਅਮਨਦੀਪ ਸਿੰਘ ਅਟਵਾਲ ਆਦਿ ਹਾਜ਼ਿਰ ਸਨ।

