ਜਲੰਧਰ 27 ਮਾਰਚ ( ਪਰਮਿੰਦਰ ਸਿੰਘ ) ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ,ਉੱਤਰ ਪ੍ਰਦੇਸ਼ ਵਿੱਚ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਰਾਮ ਪ੍ਰਸਾਦ ਬਿਸਮਿਲ, ਅਸ਼ਫਾਕ ਉਲਾ ਖ਼ਾਂਹ ਅਤੇ ਠਾਕੁਰ ਰੋਸ਼ਨ ਸਿੰਘ ਦੇ ਬੁੱਤ ਢਾਹੇ ਜਾਣ ਦੀ ਘਟਨਾ ਦੀ ਕੜੇ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਸਕੱਤਰ ਧਰਮਿੰਦਰ ਮੁਕੇਰੀਆਂ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਇਨ੍ਹਾਂ ਮਹਾਨ ਸ਼ਹੀਦਾਂ ਦੀ ਬੇਅਦਬੀ ਹੈ,ਸਗੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਤੌਹੀਨ ਹੈ। ਇਨ੍ਹਾਂ ਕ੍ਰਾਂਤੀਕਾਰੀਆਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਲਈ ਵਾਰ ਦਿੱਤੀ ਸੀ ਅਤੇ ਉਨ੍ਹਾਂ ਦੀ ਯਾਦਗਾਰ ਨਾਲ ਛੇੜਛਾੜ ਕਰਨਾ ਇਤਿਹਾਸ ਨੂੰ ਮਿਟਾਉਣ ਦੇ ਬਰਾਬਰ ਹੈ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਇਹ ਅਜੰਡਾ ਸਾਫ਼ ਹੈ ਕਿ ਜਿਹਨਾਂ ਲੋਕਾਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਅਜ਼ਾਦੀ ਦੀ ਲਹਿਰ ਵਿੱਚ ਹਿੱਸਾ ਲਿਆ ਸੀ ਉਹਨਾਂ ਦੇ ਇਤਿਹਾਸ ਨੂੰ ਮਿਟਾ ਦਿੱਤਾ ਜਾਵੇਗਾ। ਭਾਰਤ ਦੀ ਆਜ਼ਾਦੀ ਦੀ ਲੜਾਈ ਸਮੇਂ ਸਾਰੇ ਭਾਰਤ ਦੇ ਲੋਕਾਂ ਨੇ ਆਪਣਾ ਹਿੱਸਾ ਪਾਇਆ ਸੀ। ਇਸਦੇ ਚਲਦਿਆਂ ਹੀ ਭਾਰਤ ਵਿੱਚ ਜੋ ਲੋਕ ਭਾਰਤੀ ਆਜ਼ਾਦੀ ਦੇ ਲਈ ਲੜੇ ਹਨ ,ਉਹਨਾਂ ਦੇ ਇਤਿਹਾਸ ਨੂੰ ਵੀ ਇਹ ਖਤਮ ਕਰ ਰਹੀ ਹੈ। ਨੌਜਵਾਨ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਸਾਥੀ ਰਵੀ ਲੋਹਗੜ੍ਹ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜ ਵਿੱਚ ਫੁੱਟ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਸਲ ਇਤਿਹਾਸ ਤੋਂ ਦੂਰ ਕਰਨ ਦੀ ਕੋਸ਼ਿਸ਼ ਹੈ । ਓਹਨਾਂ ਮੰਗ ਕੀਤੀ ਕਿ ਇਨ੍ਹਾਂ ਸ਼ਹੀਦਾਂ ਦੇ ਬੁੱਤ ਪੂਰੇ ਮਾਣ ਸਨਮਾਨ ਸਹਿਤ ਮੁੜ ਸਥਾਪਿਤ ਕੀਤੇ ਜਾਣ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਵੀ ਦਿੱਤਾ ਜਾਵੇ | ਉਹਨਾਂ ਸਮੂਹ ਦੇਸ਼ਵਾਸੀਆਂ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਇਕੱਠੇ ਹੋਣ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡੱਟ ਕੇ ਵਿਰੋਧ ਕਰਨ।
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਉੱਤਰ ਪ੍ਰਦੇਸ਼ ਵਿੱਚ ਕ੍ਰਾਂਤੀਕਾਰੀਆਂ ਦੇ ਬੁੱਤ ਢਾਹੇ ਜਾਣ ਦੀ ਕੀਤੀ ਸਖ਼ਤ ਨਿਖੇਧੀ
